Tuesday, March 29, 2011

ਸਲ੍ਹੀਬ


ਬਹੁਤ ਦਿਨਾਂ ਤੋਂ ਪਹਿਲੇ ਜਿਹਾ ਕੁਝ ਵੀ ਨਹੀਂ ਹੈ 


ਬਹੁਤ ਦਿਨਾਂ ਤੋਂ ਮੈਂ ਘਰੋਂ ਲੜ ਕੇ ਭੱਜ ਕੇ ਸ਼ਹਿਰ ਤੋਂ ਬਾਹਰ ਵੱਲ ਨੂੰ ਜਾਂਦੀ ਸੜਕ ਨੂੰ ਨਹੀਂ ਫੜਿਆ 
ਜਿੱਥੇ ਸ਼ਹਿਰ ਤੋਂ ਪਿੰਡਾਂ ਵੱਲ ਨੂੰ ਜਾਂਦੇ ਜ਼ਮੀਂਦਾਰ ਮੈਨੂੰ ਇੰਝ ਤਕਦੇ ਸਨ 
ਜਿਵੇਂ  ਕੋਈ ਪਾਗਲ ਹਸਪਤਾਲੋਂ ਭੱਜ ਵੱਗਿਆ ਹੋਵੇ


ਬਹੁਤ ਦਿਨਾਂ ਤੋਂ ਮੈਨੂੰ ਉਸ ਪ੍ਰਵਾਸੀ ਮਜਦੂਰ ਨੇ ਪੈਸਿਆਂ ਕਰਕੇ ਹਾਕ ਵੀ ਨਹੀਂ ਮਾਰੀ
ਜਿਸ ਨਾਲ ਮੈਂ ਸਿਗਰਟ ਦੀ ਉਧਾਰ ਕਰ ਜਾਂਦਾ ਸੀ
ਬਹੁਤ ਦਿਨ ਹੋਏ ਮੈਂ
ਸ਼ਾਮ ਨੂੰ ਆਪਣੇ ਆਲ੍ਹਨਿਆਂ ਪਰਤਦੀਆਂ ਕੂੰਜਾਂ ਦਾ ਪੀਛਾ ਵੀ ਨਹੀਂ ਕੀਤਾ


ਦਿਮਾਗ ਹਰੇ ਰੰਗ ਦੀ ਕਾਈ ਨੇ ਕਬਜਾ ਲਿਆ ਹੈ
ਬਹੁਤ ਦਿਨਾਂ ਤੋ ਕੰਬਦੇ ਹੱਥਾਂ ਨਾਲ ਕਲਮ ਫੜਦਾ ਹਾਂ
ਤੇ ਹਰ ਵਾਰ ਉਸ ਵਿੱਚ ਰੋਸ਼ਨਾਈ ਖਤਮ ਹੁੰਦੀ ਹੈ


ਕਈ ਵਾਰ ਟੀਵੀ ਤੇ ਆਉਂਦੀ 'ਅਮੋਲ ਪਾਲੇਕਰ' ਦੀ ਫਿਲਮ ਵੀ
ਉਕਤਾ ਕੇ ਬੰਦ ਕਰ ਚੁੱਕਾ ਹਾਂ


ਸ਼ਾਇਦ ਕਿਸੇ ਸਲ੍ਹੀਬ ਦੀ ਲੋੜ ਹੈ ਮੈਨੂੰ


ਖੌਰੇ ਪੈਰਾਂ ਵਿਚ ਖੁਭੀਆਂ ਮੇਖਾਂ ਮੇਰੇ ਕਦਮਾਂ ਨੂ ਫੇਰ ਭਟਕਾ ਦੇਣ 
ਖੌਰੇ ਮੇਰੇ ਗਿੱਟਿਆਂ'ਚੋਂ ਵਗਦਾ ਲਹੂ
ਮੇਰੀ ਚੁਣੀ ਹੋਈ  ਰਾਹ ਤੇ ਨਕ਼ਸ਼ ਪਾ ਦੇਵੇ


ਖੌਰੇ ਮੇਖਾਂ ਕਾਰਣ ਹੱਥਾਂ'ਚੋਂ ਵਗਦਾ ਲਹੂ
ਮੇਰੇ ਕਲਮ ਨੂੰ ਫੇਰ ਰੋਸ਼ਨਾਈ ਬਖ਼ਸ਼ ਦੇਵੇ


ਮੇਰੇ ਸਿਰ ਤੇ ਬਨ੍ਹੀ ਕੰਡਿਆਲੀ ਤਾਰ
ਖੌਰੇ ਉਨ੍ਹਾਂ ਰੋਸ਼ਨਦਾਨਾਂ ਨੂੰ  ਫਿਰ ਤੋਂ  ਖੋਲ ਦੇਵੇ 
ਜਿਨ੍ਹਾਂ'ਚੋਂ ਕਦੇ ਅਦਬੀ ਹਵਾਵਾਂ ਰੁਨ੍ਕਦੀਆਂ ਸਨ


ਖੌਰੇ ਪਿੰਡਾਂ ਤੋ ਸ਼ਹਿਰ ਵੱਲ ਨੂੰ ਪਰਤਦੇ ਜ਼ਮੀਨਦਾਰਾਂ ਨੂੰ
ਫਿਰ ਤੋਂ  ਇਕ ਪਾਗਲ ਵੇਖਣ ਨੂੰ ਮਿਲ ਜਾਵੇ 

No comments:

Post a Comment